ਨੀਟ (UG) 2026 ਦੀ ਮੁੜ ਪ੍ਰੀਖਿਆ ਦੀ ਨਿਰਪੱਖਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਵੱਲੋਂ ਨਿਰਦੇਸ਼ ਜਾਰੀ ਕਰਦੇ ਹੋਏ ਭਾਰਤ ਵਿੱਚ ਟੈਲੀਗ੍ਰਾਮ ਦੀਆਂ ਸੇਵਾਵਾਂ ਨੂੰ 22 ਜੂਨ 2026 ਤੱਕ ਅਸਥਾਈ ਤੌਰ ‘ਤੇ ਬੰਦ ਕਰਨ ਲਈ ਕਿਹਾ ਗਿਆ ਹੈ।
ਇਹ ਕਦਮ 21 ਜੂਨ ਨੂੰ ਹੋਣ ਵਾਲੀ ਨੀਟ (UG) 2026 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਪ੍ਰਸ਼ਨ ਪੱਤਰ ਲੀਕ ਹੋਣ, ਅਫਵਾਹਾਂ ਅਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਣਾ ਉਸਦੀ ਸਭ ਤੋਂ ਵੱਡੀ ਤਰਜੀਹ ਹੈ।
ਐਨਟੀਏ ਅਨੁਸਾਰ ਪਿਛਲੇ ਕੁਝ ਸਾਲਾਂ ਦੌਰਾਨ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਪ੍ਰੀਖਿਆ ਸਮੱਗਰੀ ਅਤੇ ਗਲਤ ਜਾਣਕਾਰੀ ਫੈਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਇਹ ਫੈਸਲਾ ਸਾਵਧਾਨੀ ਦੇ ਤੌਰ ‘ਤੇ ਲਿਆ ਗਿਆ ਹੈ।
ਏਜੰਸੀ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਨਾਲ ਸਬੰਧਤ ਜਾਣਕਾਰੀ ਲਈ ਸਿਰਫ਼ ਅਧਿਕਾਰਤ ਵੈੱਬਸਾਈਟ ਅਤੇ ਅਧਿਕਾਰਤ ਸਰੋਤਾਂ ‘ਤੇ ਹੀ ਭਰੋਸਾ ਕਰਨ ਅਤੇ ਕਿਸੇ ਵੀ ਗੈਰ-ਪ੍ਰਮਾਣਿਤ ਜਾਣਕਾਰੀ ਜਾਂ ਅਫਵਾਹਾਂ ਤੋਂ ਬਚਣ।