ਚੰਡੀਗੜ੍ਹ ‘ਚ ਕਿਸਾਨ ਦੀ MSP ਸਮੇਤ 11 ਮੰਗਾਂ ਨੂੰ ਲੈ ਕੇ ਮੀਟਿੰਗ ਬੇਸਿੱਟਾ ਰਹੀ | ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ‘ਚ ਡੱਲੇਵਾਲ ਵੀ ਸ਼ਾਮਲ ਸਨ |ਅਗਲੀ ਮੀਟਿੰਗ ਹੁਣ 22 ਫਰਵਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਹੋਵੇਗੀ।
ਇਹ ਮੀਟਿੰਗ ਚੰਡੀਗੜ੍ਹ ‘ਚ ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ, ਪਰ ਬੇਸਿੱਟਾ ਰਹੀ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਨੂੰ ਐਮਐਸਪੀ ਗਾਰੰਟੀ ਦੀ ਮੰਗ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਗੱਲਬਾਤ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਅੱਜ ਕਿਸਾਨਾਂ ਨਾਲ ਉਨ੍ਹਾਂ ਦੀ ਮੰਗਾਂ ਦੇ ਸਬੰਧ ‘ਚ ਸਾਰਥਕ ਮਾਹੌਲ ‘ਚ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾ ਵੱਲੋਂ ਭਾਰਤ ਸਰਕਾਰ ਦੇ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਹੁਣ 22 ਫਰਵਰੀ ਨੂੰ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਖੇਤੀ ਮੰਤਰੀ ਨਾਲ ਸ਼ਿਵਰਾਜ ਚੌਹਾਨ ਨਾਲ ਮੀਟਿੰਗ ਉਪਰੰਤ ਗੱਲਬਾਤ ਅੱਗੇ ਵਧੇਗੀ।
ਇੱਕ ਸਾਲ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਬੈਠੇ ਹਨ ਕਿਸਾਨ
ਜ਼ਿਕਰਯੋਗ ਹੈ ਕਿ ਕਿਸਾਨੀ ਤੇ ਐਮ ਐਸ ਪੀ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਸਾਲ 13 ਫਰਵਰੀ 2024 ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉਤੇ ਬੈਠੇ ਹੋਏ ਹਨ। ਕਿਸਾਨ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਦੌਰਾਨ ਕਿਸਾਨਾਂ ਨੇ 3 ਵਾਰ ਪੈਦਲ ਜਥਿਆਂ ਦੇ ਰੂਪ ਵਿਚ ਵੀ ਜਾਣ ਦੀ ਕੋਸ਼ਿਸ਼ ਕੀਤੀ ਪਰ ਫੇਰ ਵੀ ਉਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ, ਉਸ ਤੋਂ ਬਾਅਦ ਕਿਸਾਨਾਂ ਨੇ ਉਥੇ ਹੀ ਪੱਕਾ ਮੋਰਚਾ ਲਾ ਲਿਆ, ਜਿਨ੍ਹਾਂ ਨੂੰ ਧਰਨੇ ਉਤੇ ਬੈਠਿਆਂ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਬੇਸਿੱਟਾਂ ਰਹੀਆਂ ਸਨ।
ਐਂਬੂਲੈਂਸ ‘ਚ ਚੰਡੀਗੜ੍ਹ ਮੀਟਿੰਗ ‘ਚ ਪਹੁੰਚੇ ਸਨ ਡੱਲੇਵਾਲ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਨੇ ਵਫ਼ਦ ਦੀ ਅਗਵਾਈ ਕੀਤੀ। ਡੱਲੇਵਾਲ, ਜੋ 82 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਸੀ, ਇੱਕ ਐਂਬੂਲੈਂਸ ਵਿੱਚ ਚੰਡੀਗੜ੍ਹ ਪਹੁੰਚੇ ਸਨ। ਉਨ੍ਹਾਂ ਨੂੰ ਸਟਰੈਚਰ ‘ਤੇ ਕਾਨਫਰੰਸ ਹਾਲ ਲਿਜਾਇਆ ਗਿਆ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਸਕਾਰਾਤਮਕ ਰਹੀ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੰਗਠਨ ਕੇਂਦਰ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨਾ ਚਾਹੁੰਦੇ ਹਨ, ਪਰ ਸਰਕਾਰ ਦਾ ਪਹੁੰਚ ਵੀ ਆਮ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਐਮਐਸਪੀ ਲਾਗੂ ਕਰਨ ‘ਤੇ ਸਾਲਾਨਾ 1 ਲੱਖ ਕਰੋੜ ਰੁਪਏ ਦਾ ਖਰਚਾ ਆਵੇਗਾ।