ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੀਂਹ ਦਾ ਦੌਰ ਲਗਾਤਾਰ ਜਾਰੀ ਹੈ। ਸੂਬੇ ‘ਚ ਭਾਰੀ ਮੀਂਹ ਪੈਣ ਕਾਰਨ ਕਈ ਇਲਾਕਿਆਂ ਦੀਆਂ ਸੜਕਾਂ ‘ਤੇ ਗਲੀਆਂ ‘ਚ ਦੋ-ਦੋ ਫੁੱਟ ਤੱਕ ਪਾਣੀ ਭਰਿਆ ਹੋਇਆ ਹੈ। ਇਸ ਸਿਲਸਿਲਾ ਲਗਾਤਾਰ 30 ਅਸਗਤ ਤੱਕ ਜਾਰੀ ਰਹੇਗਾ। ਸੂਬੇ ‘ਚ ਮੁਸਲਾਧਾਰ ਮੀਂਹ ਕਾਰਨ ਦਰਿਆ ਤੇ ਨਦੀਆਂ ਉਫਾਨ ‘ਤੇ ਹਨ। ਜਿਸ ਕਾਰਨ ਭਾਖੜਾ , ਰਣਜੀਤ ਸਾਗਰ , ਪੌਂਗ ਡੈਮਾਂ ‘ਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਡੈਮਾਂ ਚੋਂ ਛੱਡਿਆ ਜਾ ਰਿਹਾ ਪਾਣੀ
ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ। ਪਿਛਲੇ ਕੁਝ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹੋਈ ਬਾਰਿਸ਼ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲਿਆ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਵਧਦੇ ਪਾਣੀ ਦੇ ਪੱਧਰ ਕਾਰਨ, ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।
ਇਨ੍ਹਾਂ ਜਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ
ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ। ਇਸਦਾ ਮਤਲਬ ਹੈ ਕਿ ਪੂਰੇ ਸੂਬੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਜਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਭਾਖੜਾ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਸਤਲੁਜ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਸਤਲੁਜ ਦੇ ਪਾਣੀ ਦਾ ਪੱਧਰ ਆਮ ਬਣਿਆ ਹੋਇਆ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਦੇਖਿਆ ਜਾ ਰਿਹਾ ਹੈ।
ਫਿਰੋਜਪੁਰ ਦੇ ਲਗਪਗ 20 ਪਿੰਡ ਹੜ੍ਹ ਤੋਂ ਪੀੜਿਤ
ਲੋਕਾਂ ਦਾ ਕਹਿਣਾ ਹੈ ਕਿ ਉਹ 11 ਅਗਸਤ ਤੋਂ ਆਪਣੇ ਘਰਾਂ ਵਿੱਚ ਫਸੇ ਹੋਏ ਹਨ। 2 ਮਿੰਟ ਦੀ ਯਾਤਰਾ ਵਿੱਚ ਕਿਸ਼ਤੀਆਂ ਵਿੱਚ ਇੱਕ ਘੰਟਾ ਲੱਗਦਾ ਹੈ। ਘਰ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਪੂਰੀਆਂ ਕਰਨ ਅਤੇ ਰਾਸ਼ਨ ਲੈਣ ਲਈ ਉਨ੍ਹਾਂ ਨੂੰ ਵਾਰ-ਵਾਰ ਪਿੰਡ ਤੋਂ ਬਾਹਰ ਆਉਣਾ ਪੈਂਦਾ ਹੈ।ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡ ਹੜ੍ਹਾਂ ਨਾਲ ਭਰੇ ਹੋਏ ਹਨ ਅਤੇ ਹਰ ਪਾਸਿਓਂ ਪਾਣੀ ਨਾਲ ਘਿਰੇ ਹੋਏ ਹਨ। ਲੋਕਾਂ ਨੂੰ ਕਈ ਪਿੰਡਾਂ ਤੱਕ ਪਹੁੰਚਣ ਲਈ, ਕਿਸ਼ਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲਗਭਗ 20 ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਧੱਸੀ ਬੰਨ੍ਹ ਟੁੱਟਣ ‘ਤੇ ਘਰ ਕਰਵਾਏ ਖਾਲੀ
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਵੀ ਦਰਿਆ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪਾਣੀ ਛੱਡਣ ਅਤੇ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਹੱਦ ਤੱਕ ਵੱਧ ਗਿਆ ਹੈ।
ਇਸ ਕਾਰਨ ਰਾਵੀ ਦਰਿਆ ਤੋਂ ਡੇਢ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਚੱਕ ਸਹਾਏ, ਰਾਮਪੁਰ ਅਤੇ ਮਕੋਡਾ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਸੂਤਰਾਂ ਅਨੁਸਾਰ ਪਿੰਡ ਜੈਨਪੁਰ ਨੇੜੇ ਧੁੱਸੀ ਬੰਨ੍ਹ ਟੁੱਟਣ ਕਾਰਨ ਨੇੜਲੇ ਇੱਕ ਦਰਜਨ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਪਿੰਡ ਕਾਹਨਾ ਵਿੱਚ ਵੀ ਚਾਰੇ ਪਾਸੇ ਪਾਣੀ ਫੈਲ ਗਿਆ ਹੈ।