ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਸੈਫੁੱਲਾ ਝੀਲ ਵਿੱਚ ਕਿਸ਼ਤੀ ਪਲਟਣ ਕਾਰਨ ਇੱਕੋ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਅਜੇ ਵੀ ਲਾਪਤਾ ਹਨ।
ਇਹ ਹਾਦਸਾ ਬੁੱਧਵਾਰ ਨੂੰ ਉੱਪਰੀ ਸਵਾਤ ਜ਼ਿਲ੍ਹੇ ਦੀ ਕਲਾਮ ਘਾਟੀ ਸਥਿਤ ਪ੍ਰਸਿੱਧ ਸੈਰ-ਸਪਾਟਾ ਸਥਾਨ ਸੈਫੁੱਲਾ ਝੀਲ ਵਿੱਚ ਵਾਪਰਿਆ। ਪੁਲਿਸ ਮੁਤਾਬਕ, ਕਿਸ਼ਤੀ ਵਿੱਚ ਸਵਾਰ ਸਾਰੇ 9 ਯਾਤਰੀ ਇੱਕੋ ਪਰਿਵਾਰ ਨਾਲ ਸਬੰਧਤ ਸਨ ਅਤੇ ਝੀਲ ਦੀ ਸੈਰ ਲਈ ਆਏ ਹੋਏ ਸਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਰੈਸਕਿਊ 1122 ਸਵਾਤ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮਹੋਦੰਦ ਖੇਤਰ ਨੇੜੇ ਝੀਲ ਵਿੱਚੋਂ ਹੁਣ ਤੱਕ 6 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਲਾਪਤਾ 3 ਲੋਕਾਂ ਦੀ ਭਾਲ ਲਈ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ।ਮ੍ਰਿਤਕਾਂ ਦੀ ਪਛਾਣ ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਵਸਨੀਕਾਂ ਵਜੋਂ ਹੋਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ ਦਾ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ। ਨਾਲ ਹੀ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਗਈ ਹੈ ਕਿ ਜੇ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।