ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਲਗਾਏ ਗਏ ਸ਼ੀਸ਼ੇ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਮੁਲਜ਼ਮਾਂ ਕੋਲ ਇੱਕ ਮੋਟਰਸਾਈਕਲ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ| ਦੱਸ ਦੇਈਏ ਕਿ ਮੁਲਜ਼ਮਾਂ ਦੇ ਵਿਦੇਸ਼ ਵਿੱਚ ਰਹਿੰਦੇ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਸਨ|
ਮੁਲਜ਼ਮਾਂ ਦੀ ਪਛਾਣ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ 31 ਮਾਰਚ ਨੂੰ ਫਿਲੌਰ ਦੇ ਪਿੰਡ ਨੰਗਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਅਪਸ਼ਬਦ ਲਿਖ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਉਰਫ ਰਾਜਨ ਪੁੱਤਰ ਨਰਿੰਦਰ ਸਿੰਘ ਅਤੇ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਪ੍ਰੇਮ ਸਿੰਘ ਵਾਸੀ ਨੂਰਪੁਰ ਚੱਠਾ, ਥਾਣਾ ਸਦਰ ਨਕੋਦਰ, ਜ਼ਿਲਾ ਜਲੰਧਰ ਵਜੋਂ ਹੋਈ ਹੈ।
ਦੋਸ਼ੀਆਂ ਨੂੰ ਵਿਦੇਸ਼ਾਂ ਤੋਂ ਮਿਲ ਰਿਹਾ ਸੀ ਫੰਡ
ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਸਮਾਜ ਵਿੱਚ ਅਸ਼ਾਂਤੀ ਅਤੇ ਡਰ ਦਾ ਮਾਹੌਲ ਪੈਦਾ ਕਰਨ ਲਈ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਵਿਦੇਸ਼ ਵਿੱਚ ਰਹਿੰਦੇ ਕੁਝ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਸਨ ਅਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਦੋਸ਼ੀਆਂ ਨੂੰ ਵਿਦੇਸ਼ਾਂ ਤੋਂ ਫੰਡ ਮਿਲ ਰਿਹਾ ਸੀ।
ਥਾਣਾ ਫਿਲੌਰ ‘ਚ ਦਰਜ ਕੀਤੇ ਕੇਸ ਵਿੱਚ ਯੂਏਪੀਏ ਐਕਟ ਦੀਆਂ ਧਾਰਾਵਾਂ 10 ਅਤੇ 13 ਦਰਜ ਕਰਕੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਸਾਜ਼ਿਸ਼ ਦੇ ਪਿੱਛੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ|