ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦਾ ਛੋਟਾ ਭਰਾ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ, ਅੰਗਦਜੋਤ ਸਿੰਘ ਅਤੇ ਉਸ ਦਾ ਛੋਟਾ ਭਰਾ ਗੁਰਲਾਲ ਸਿੰਘ ਪੱਟੀ ਰੋਡ ‘ਤੇ ਇੱਕ ਦੁਕਾਨ ‘ਤੇ ਮੋਮੋਜ਼ ਖਾ ਰਹੇ ਸਨ। ਇਸ ਦੌਰਾਨ ਅੰਗਦਜੋਤ ਦੇ ਕੁਝ ਪੁਰਾਣੇ ਦੋਸਤ ਉੱਥੇ ਆ ਗਏ। ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ।
ਦੋਸ਼ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਅੰਗਦਜੋਤ ਸਿੰਘ ‘ਤੇ ਹਮਲਾ ਕਰ ਦਿੱਤਾ। ਆਪਣੇ ਭਰਾ ਨੂੰ ਬਚਾਉਣ ਦੌਰਾਨ ਗੁਰਲਾਲ ਸਿੰਘ ਵੀ ਜ਼ਖਮੀ ਹੋ ਗਿਆ।ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅੰਗਦਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੁਰਲਾਲ ਦਾ ਇਲਾਜ ਜਾਰੀ ਹੈ।
ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਦੋਸ਼ੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।