ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ਼ਾਹਕੋਟ ਇਲਾਕੇ ਵਿੱਚ ਪੈਂਦੇ ਪਿੰਡ ਸੋਹਲ ਜਾਗੀਰ ਦੇ ਨੇੜੇ ਪੁਲਿਸ ਅਤੇ ਹਥਿਆਰਬੰਦ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਇਸ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦਕਿ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਖਿਲਾਫ ਕਈ ਮਾਮਲੇ ਦਰਜ ਹਨ।
ਗ੍ਰਿਫ਼ਤਾਰ ਕੀਤੇ ਮੁਲਜ਼ਮ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਗਰੇਜ਼ ਸਿੰਘ ਅਤੇ ਕਰਨਵੀਰ ਵਜੋਂ ਹੋਈ ਹੈ। ਇਹ ਦੋਵੇਂ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਮਰੇਹਾਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਹਨਾਂ ਕੋਲੋਂ ਇੱਕ 30 ਬੋਰ ਪਿਸਤੌਲ, ਇੱਕ ਜ਼ਿੰਦਾ ਕਾਰਤੂਸ ਅਤੇ ਇੱਕ ਚੱਲਿਆ ਹੋਇਆ ਖੋਲ, ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਹੈ ਪੂਰਾ ਮਾਮਲਾ
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 11 ਜਨਵਰੀ 2026 ਨੂੰ ਸੋਹਲ ਜਾਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੇ ਘਰ ਗੋਲੀਬਾਰੀ ਹੋਈ ਸੀ, ਜਿਸ ਦੇ ਸਬੰਧ ਵਿੱਚ ਸ਼ਾਹਕੋਟ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਵਾਰਦਾਤ ਵਿੱਚ ਸ਼ਾਮਲ ਦੋਵੇਂ ਮੁਲਜ਼ਮ ਹਥਿਆਰਬੰਦ ਹੋ ਕੇ ਫਿਰ ਤੋਂ ਇਲਾਕੇ ਵਿੱਚ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ।
ਜਦੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਇਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ, ਜੋ ਕਿ ਮੁਲਜ਼ਮ ਕਰਨਵੀਰ ਦੇ ਪੇਟ ਵਿੱਚ ਲੱਗੀ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਅੰਗਰੇਜ਼ ਸਿੰਘ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ।
ਵਿਦੇਸ਼ੀ ਸਾਜ਼ਿਸ਼ ਦਾ ਖੁਲਾਸਾ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗੋਲੀਬਾਰੀ ਇੱਕ ਡੂੰਘੀ ਵਿਦੇਸ਼ੀ ਸਾਜ਼ਿਸ਼ ਦਾ ਹਿੱਸਾ ਸੀ। ਬਲਵੰਤ ਸਿੰਘ ਉਰਫ਼ ਬੰਤ (ਸੋਹਲ ਜਾਗੀਰ ਦਾ ਵਸਨੀਕ), ਜੋ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ।
ਬਲਵੰਤ ਸਿੰਘ ਨੇ ਫਿਲੀਪੀਨਜ਼ ਵਿੱਚ ਰਹਿ ਰਹੇ ਚਰਨਜੀਤ ਸਿੰਘ ਉਰਫ਼ ਚੰਨਾ ਨਾਲ ਸੰਪਰਕ ਕੀਤਾ। ਫਿਲੀਪੀਨਜ਼ ਬੈਠੇ ਚੰਨਾ ਨੇ ਹੀ ਅੰਗਰੇਜ਼ ਸਿੰਘ ਅਤੇ ਕਰਨਵੀਰ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਇਰ ਕੀਤਾ ਸੀ। ਪੁਲਿਸ ਅਨੁਸਾਰ ਵਿਦੇਸ਼ਾਂ ਵਿੱਚ ਬੈਠੇ ਦੋਸ਼ੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।