ਪੰਜਾਬ ‘ਚ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ ਹੈ। ਉੱਥੇ ਹੀ ਅੱਜ ਜਲੰਧਰ ਦੇ ਬਸਤੀ ਬਾਵਾ ਖੇਲ ‘ਚ ਇੱਕ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ ਹੈ। ਇੱਥੇ ਨਗਰ ਨਿਗਮ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਤਸਕਰ ਦੇ ਨਜਾਇਜ਼ ਤਰੀਕੇ ਨਾਲ ਬਣੇ ਘਰ ‘ਤੇ ‘ਪੀਲਾ ਪੰਜਾ’ ਚਲਾਇਆ ਜਾ ਰਿਹਾ ਹੈ। ਜਾਣਕਾਰੀਅਨੁਸਾਰ ਮੁਲਜ਼ਮ ਖਿਲਾਫ 14 ਮਾਮਲੇ ਦਰਜ ਹਨ।
ਮਿਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਟੀਮ ਵੱਲੋਂ ਨਰਿੰਦਰ ਕੁਮਾਰ ਉਰਫ਼ ਬਾਬਾ ਨੂੰ ਨੋਟਿਸ ਵੀ ਦਿੱਤਾ ਗਿਆ ਸੀ, ਪਰ ਨੋਟਿਸ ਦਾ ਜਵਾਬ ਨਾ ਮਿਲਣ ਕਾਰਨ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਉਸ ਦੇ ਘਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਨਗਰ ਨਿਗਮ ਦੀ ਟੀਮ ਦੇ ਨਾਲ ਏ.ਸੀ.ਪੀ. ਆਤਿਸ਼ ਭਾਟੀਆ ਅਤੇ ਬਸਤੀ ਬਾਵਾ ਖੇਲ ਦੇ ਐੱਸ.ਐੱਚ.ਓ. ਮੌਕੇ ‘ਤੇ ਮੌਜੂਦ ਹਨ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਨਰਿੰਦਰ ਕੁਮਾਰ ਉਰਫ਼ ਬਾਬਾ ਦੇ ਘਰ ‘ਤੇ ਕਾਰਵਾਈ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਗਈ ਸੀ।ਜਿਸ ਦੇ ਚਲਦਿਆਂ ਉਹ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਿੰਦਰ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਤਸਕਰੀ ਸਮੇਤ ਵੱਖ-ਵੱਖ ਮਾਮਲਿਆਂ ਵਿੱਚ 14 ਐੱਫ.ਆਈ.ਆਰ. ਦਰਜ ਹਨ। ਮੁਲਜ਼ਮ ਦੇ ਘਰ ‘ਤੇ ਨਜਾਇਜ਼ ਉਸਾਰੀ ਨੂੰ ਲੈ ਕੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ‘ਨਸ਼ੇ ਵਿਰੁੱਧ ਜੰਗ’ ਮੁਹਿੰਮ ਤਹਿਤ ਤਸਕਰਾਂ ਵਿਰੁੱਧ ਇਹ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ।