ਪਠਾਨਕੋਟ ਦੇ ਰਹਿਣ ਵਾਲੇ 24 ਸਾਲਾ ਹਰਜਸ ਸਿੰਘ ਦਾ ਕੈਨੇਡਾ ਦੇ ਕੈਲਗਰੀ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਕੈਲਗਰੀ ਦੇ ਕਾਰਨਰਸਟੋਨ ਬੁਲੇਵਰਡ ਦੇ 1100 ਬਲਾਕ ਵਿੱਚ ਵਾਪਰੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਉਹ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਜਸ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੈਲਗਰੀ ਗਿਆ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ।
ਘਟਨਾ ਦੀ ਜਾਣਕਾਰੀ ਜਦੋਂ ਪਠਾਨਕੋਟ ਦੇ ਸੁੰਦਰ ਨਗਰ ਸਥਿਤ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਡੂੰਘੇ ਸਦਮੇ ਵਿੱਚ ਹਨ। ਸਥਾਨਕ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਜਸ ਸਿੰਘ ਦੀ ਦੇਹ ਨੂੰ ਜਲਦ ਭਾਰਤ ਲਿਆਉਣ ਲਈ ਪਰਿਵਾਰ ਨੂੰ ਹਰ ਸੰਭਵ ਪ੍ਰਸ਼ਾਸਨਿਕ ਮਦਦ ਦਿੱਤੀ ਜਾਵੇ।









