ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਾਦਸੇ ਵਿੱਚ ਹੋਈਆਂ 9 ਮੌਤਾਂ ਦੇ ਵਿਰੋਧ ਵਿੱਚ ਅੱਜ ਪਿੰਡ ਵਾਸੀਆਂ ਅਤੇ ਵੱਖ-ਵੱਖ ਸੰਗਠਨਾਂ ਨੇ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਲਹਿਰਾਗਾਗਾ-ਜਾਖਲ ਰੋਡ ਜਾਮ ਕਰਕੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ-ਨਾਲ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਧਰਨੇ ਦੌਰਾਨ ਐਕਸ਼ਨ ਕਮੇਟੀ ਦੇ ਮੈਂਬਰ ਬਿੱਕਰ ਸਿੰਘ ਅਥੋਹਾ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 20-20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
ਐਕਸ਼ਨ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਸਕੱਤਰ, ਬੀ.ਡੀ.ਪੀ.ਓ. ਅਤੇ ਏ.ਡੀ.ਸੀ. ਖ਼ਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਤਿੰਨ ਬੱਚਿਆਂ ਦੀ ਮਾਂ ਵੀ ਸ਼ਾਮਲ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੀੜਤ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।ਫਿਲਹਾਲ, ਧਰਨੇ ਰਾਹੀਂ ਲੋਕ ਆਪਣੀਆਂ ਮੰਗਾਂ ਪ੍ਰਸ਼ਾਸਨ ਤੱਕ ਪਹੁੰਚਾ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ’ਤੇ ਕੀ ਕਦਮ ਚੁੱਕੇ ਜਾਂਦੇ ਹਨ।









