ਕੈਨੇਡਾ ਦੇ ਓਨਟਾਰੀਓ ਸੂਬੇ ਦੇ ਲੰਡਨ ਸ਼ਹਿਰ ਤੋਂ ਪੰਜਾਬੀ ਭਾਈਚਾਰੇ ਨਾਲ ਸਬੰਧਤ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਪੁਲਿਸ ਨੇ ਉਸ ਦੇ 41 ਸਾਲਾ ਪਤੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਮੁਤਾਬਕ 15 ਸਤੰਬਰ ਦੀ ਸ਼ਾਮ ਕਰੀਬ 6:25 ਵਜੇ ਚਾਲਟਨ ਰੋਡ ਸਥਿਤ ਇੱਕ ਘਰ ਵਿੱਚ ਘਟਨਾ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਘਰ ਅੰਦਰ ਇੱਕ ਔਰਤ ਗੰਭੀਰ ਹਾਲਤ ਵਿੱਚ ਜ਼ਖ਼ਮੀ ਮਿਲੀ। ਉਸ ਨੂੰ ਇਲਾਜ ਲਈ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਂਚ ਤੋਂ ਬਾਅਦ ਪੁਲਿਸ ਨੇ ਮ੍ਰਿਤਕਾ ਦੇ ਪਤੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਸੈਕਿੰਡ-ਡਿਗਰੀ ਮਰਡਰ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਘਰ ਵਿੱਚ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।









