ਪੰਜਾਬ ਦੇ ਜਲੰਧਰ ਅਤੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਤੜਕੇ ਮੀਂਹ ਪਿਆ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅੱਜ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਸਕਦਾ ਹੈ। 8 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਰੂਪਨਗਰ ਵਿੱਚ ਮੀਂਹ ਦੇ ਨਾਲ ਆੰਧੀ ਦੀ ਸੰਭਾਵਨਾ ਦੱਸੀ ਗਈ ਹੈ।ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨ ਮੌਸਮ ਖਰਾਬ ਰਹਿਣ ਦੀ ਉਮੀਦ ਹੈ।
ਉੱਥੇ ਹੀ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਮੌਸਮ ਦੀ ਗੱਲ ਕਰੀਏ ਤਾਂ ਸੂਬੇ ਦੇ ਤਾਪਮਾਨ ਵਿੱਚ ਕਰੀਬ 0.7 ਡਿਗਰੀ ਦੀ ਵਧੋਤਰੀ ਹੋਈ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਮੰਨਿਆ ਜਾ ਰਿਹਾ ਹੈ ਕਿ ਇਸੇ ਮਹੀਨੇ ਪੰਜਾਬ ਤੋਂ ਮਾਨਸੂਨ ਦੀ ਵਿਦਾਈ ਵੀ ਹੋ ਸਕਦੀ ਹੈ।
ਹਾਲਾਂਕਿ, ਇੱਕ ਦਿਨ ਪਹਿਲਾਂ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ, ਪਰ ਪੰਜਾਬ ਵਿੱਚ ਕਿਸੇ ਵੀ ਥਾਂ ਮੀਂਹ ਨਹੀਂ ਪਿਆ ਸੀ। ਹੁਣ ਵੀਰਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ।









