ਕੈਨੇਡੀਅਨ ਪੁਲਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸ਼ੁੱਕਰਵਾਰ (3 ਮਈ) ਨੂੰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਤੋਂ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮ ਭਾਰਤੀ ਹਨ। ਪੁਲਸ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਵਜੋਂ ਹੋਈ।
ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ
ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੱਕੀ ਵਿਦਿਆਰਥੀ ਸਟੂਡੈਂਟ ਵੀਜ਼ੇ 'ਤੇ ਕੈਨੇਡਾ 'ਚ ਦਾਖਲ ਹੋਏ ਸਨ। ਤਿੰਨਾਂ ਦੀ ਉਮਰ 20 ਸਾਲ ਦੇ ਕਰੀਬ ਹੈ। ਤਿੰਨ ਮੁਲਜ਼ਮਾਂ ਦਾ ਸੰਬੰਧ ਭਾਰਤ ਦੀ ਜੇਲ ਵਿਚ ਕੈਦ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ 'ਤੇ ਮਈ 2022 'ਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।ਇਹ ਸਾਰੇ 2021 'ਚ ਆਰਜ਼ੀ ਵੀਜ਼ਾ ਲੈ ਕੇ ਕੈਨੇਡਾ ਗਏ ਸਨ।
2023 'ਚ ਹੋਇਆ ਸੀ ਨਿੱਝਰ ਦਾ ਕਤਲ
ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਪਿਛਲੇ ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਖਾਲਿਸਤਾਨੀ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਉਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ ਅਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਸਬੰਧ ਵਿੱਚ ਭਰੋਸੇਯੋਗ ਸਬੂਤ ਹਨ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।