ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੀ ਪੁਲਸ ਨੇ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਮਨਦੀਪ ਸਿੰਘ ਉਰਫ ਅਰਸ਼, ਗਗਨਦੀਪ ਸਿੰਘ ਅਤੇ ਪਿਆਰਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਐਮਐਮ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ।
ਜਾਣਕਾਰੀ ਮੁਤਾਬਕ ਪੁਲਸ ਨੂੰ ਇਨਪੁਟ ਮਿਲਿਆ ਸੀ ਕਿ ਵਿਦੇਸ਼ 'ਚ ਰਹਿੰਦੇ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਤੇ ਪਾਕਿਸਤਾਨ 'ਚ ਰਹਿੰਦੇ ਹਰਵਿੰਦਰ ਸਿੰਘ ਰਿੰਦਾ ਡਰੋਨ ਰਾਹੀਂ ਹੈਰੋਇਨ ਤੇ ਹਥਿਆਰ ਪੰਜਾਬ ਭੇਜ ਰਹੇ ਹਨ। ਉਹ ਆਪਣੇ ਸਾਥੀਆਂ ਨੂੰ ਪੰਜਾਬ ਭੇਜ ਕੇ ਲੁੱਟਣ ਦੀ ਤਿਆਰੀ ਕਰ ਰਹੇ ਹਨ।
ਇਸ ਦੇ ਨਾਲ ਹੀ ਪੁਲਸ ਨੂੰ ਇਹ ਵੀ ਇਨਪੁਟ ਮਿਲਿਆ ਸੀ ਕਿ ਤਿੰਨੇ ਮੁਲਜ਼ਮ ਸਰਹੱਦ ਪਾਰ ਤੋਂ ਹਥਿਆਰ ਲੈ ਕੇ ਆਏ ਸਨ, ਜਿਸ ਤੋਂ ਬਾਅਦ ਪਹਿਲਾਂ ਨਾਕਾਬੰਦੀ ਕਰਕੇ ਤਿੰਨਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਬਰਾਮਦ ਕੀਤੇ ਗਏ। ਪੁਲਸ ਤਿੰਨਾਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ 2 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ।