ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲਾ ਪੁਲਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਲਾਰੈਂਸ ਅਤੇ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਵਰਨਾ ਕਾਰ, 3 ਪਿਸਤੌਲ, 6 ਜਿੰਦਾ ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਹੋਏ ਹਨ। ਇਨ੍ਹਾਂ ਦੀ ਪਛਾਣ ਕਰਨਦੀਪ ਸਿੰਘ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘਵੀਰ ਸਿੰਘ ਵਾਸੀ ਕੋਟ ਸ਼ਮੀਰ ਥਾਣਾ ਸਦਰ, ਕੁਲਵਿੰਦਰ ਸਿੰਘ ਵਾਸੀ ਕੋਟ ਸ਼ਮੀਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਟਾਰਗੇਟ ਕਿਲਿੰਗ ਦੀ ਬਣਾ ਰਹੇ ਸਨ ਯੋਜਨਾ
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਉਹ ਬਠਿੰਡਾ ਅਤੇ ਮੋਹਾਲੀ 'ਚ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਪੁਲੀਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਖ਼ਿਲਾਫ਼ ਪਹਿਲਾਂ ਹੀ ਤਿੰਨ ਕੇਸ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।