ਤਾਮਿਲਨਾਡੂ ਦੇ ਵਿਰੂਧੁਨਗਰ ਵਿੱਚ ਬੁੱਧਵਾਰ ਨੂੰ ਇੱਕ ਨਿੱਜੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਇਸ ਤਰ੍ਹਾਂ ਦੀ ਇਹ ਚੌਥੀ ਘਟਨਾ ਹੈ। ਮ੍ਰਿਤਕਾਂ ਦੀ ਪਛਾਣ ਪੁਲਕੁੱਟੀ (45) ਅਤੇ ਕਾਰਤਿਕ (35) ਵਜੋਂ ਹੋਈ ਹੈ।
ਫਿਲਹਾਲ ਫਾਇਰ ਫਾਈਟਰਜ਼ ਅਤੇ ਬਚਾਅ ਕਰਮਚਾਰੀ ਅੱਗ ਬੁਝਾਉਣ ਅਤੇ ਖੇਤਰ ਨੂੰ ਸੁਰੱਖਿਅਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਅਸਮਾਨ ਵਿੱਚ ਕਾਲੇ ਧੂੰਏਂ ਦੇ ਗੁਬਾਰ ਛਾ ਗਏ।
ਅਜੀਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ
ਇਹ ਇਸ ਤਰ੍ਹਾਂ ਦੀ ਪਹਿਲੀ ਘਟਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵਿਰੂਧੁਨਗਰ ਇਲਾਕੇ ਵਿੱਚ ਵੀ ਅਜਿਹਾ ਹੀ ਇੱਕ ਧਮਾਕਾ ਹੋਇਆ ਸੀ, ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਜਦਕਿ ਦੋ ਹੋਰ ਜ਼ਖਮੀ ਹੋ ਗਏ। ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।
ਇਸ ਤੋਂ ਪਹਿਲਾਂ 29 ਜੂਨ ਨੂੰ ਵਿਰੂਧੁਨਗਰ ਦੀ ਇਕ ਪਟਾਕਾ ਫੈਕਟਰੀ ਵਿਚ ਇਸੇ ਤਰ੍ਹਾਂ ਦੇ ਧਮਾਕੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। 9 ਮਈ ਨੂੰ ਸਿਵਾਕਾਸ਼ੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਕਰੀਬ ਅੱਠ ਲੋਕਾਂ ਦੀ ਮੌਤ ਹੋ ਗਈ ਸੀ।