ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 6 ਤੋਂ 9 ਅਕਤੂਬਰ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਤੂਫ਼ਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ ਤੇਜ਼ ਝੋਕਿਆਂ ਦੌਰਾਨ ਇਹ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਲਈ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਦੇ ਨੇੜੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਹਾਲਾਂਕਿ 5 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 4 ਅਕਤੂਬਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.2 ਡਿਗਰੀ ਦਰਜ ਕੀਤਾ ਗਿਆ।
ਉੱਤਰ-ਪੱਛਮੀ ਹਵਾਵਾਂ ਨਾਲ ਬਦਲੇਗਾ ਮੌਸਮ
ਉੱਤਰ-ਪੱਛਮੀ ਹਵਾਵਾਂ ਅਤੇ ਇੱਕ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਹਾਲਾਤ ਬਣ ਰਹੇ ਹਨ। ਹਾਲਾਂਕਿ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਜਿੱਥੇ ਮੀਂਹ ਪਵੇਗਾ, ਉੱਥੇ ਦਿਨ ਦੇ ਤਾਪਮਾਨ ਵਿੱਚ ਕੁਝ ਰਾਹਤ ਮਿਲ ਸਕਦੀ ਹੈ।
ਦਿਨ ਦਾ ਤਾਪਮਾਨ 32 ਤੋਂ 36 ਡਿਗਰੀ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਤਾਪਮਾਨ 34 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 16 ਤੋਂ 20 ਡਿਗਰੀ ਰਹਿ ਸਕਦਾ ਹੈ। ਜਦਕਿ ਬਾਕੀ ਇਲਾਕਿਆਂ ਵਿੱਚ ਇਹ 20 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮਤਲਬ ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਸਵੇਰ ਤੇ ਰਾਤ ਦੇ ਤਾਪਮਾਨ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ।









